ਚੰਡੀਗੜ੍ਹ-ਪੰਜਾਬ ਦੇ ਮੁਲਾਜ਼ਮ ਚੋਣ ਜ਼ਬਤੇ ਤੋਂ ਬਾਅਦ ਵੀ ਕੈਪਟਨ ਸਰਕਾਰ ਵੱਲੋਂ ਮੰਗਾਂ ਉਪਰ ਘੇਸਲ ਮਾਰਨ ਕਾਰਨ ਅੱਜ ਮੁੜ ਸੜਕਾਂ ’ਤੇ ਆ ਗਏ ਹਨ। ਅੱਜ ਇੱਕ ਪਾਸੇ ਪੰਜਾਬ ਸਟੇਟ ਡੀਸੀਜ਼ ਦਫਤਰ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਸੂਬਾ ਭਰ ਦੇ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਕੰਮ ਠੱਪ ਕਰ ਦਿੱਤੇ। ਦੂਸਰੇ ਪਾਸੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਸ ਰੈਲੀ ਕਰਕੇ ਕੈਪਟਨ ਸਰਕਾਰ ਦੀਆਂ ਵਾਅਦਾਖ਼ਿਲਾਫ਼ੀਆਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਵਾਅਦੇ ਕੀਤੇ ਸਨ ਕਿ ਜ਼ਾਬਤਾ ਖਤਮ ਹੁੰਦਿਆਂ ਹੀ ਮੰਗਾਂ ਮੰਨਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਪਰ ਅਜੇ ਤੱਕ ਮੁਲਾਜ਼ਮਾਂ ਦੇ ਪੱਲੇ ਕੁਝ ਨਹੀ ਪਿਆ।
ਕੈਪਟਨ ਸਰਕਾਰ ਵੱਲੋਂ ਜ਼ਾਬਤਾ ਖਤਮ ਹੁੰਦਿਆਂ ਹੀ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਨੂੰ ਸਾਰੀਆਂ ਡੀਏ ਦੀਆਂ ਕਿਸ਼ਤਾਂ ਬਕਾਏ ਸਮੇਤ ਰਿਲੀਜ਼ ਕਰਨ ਅਤੇ ਮੁਲਾਜ਼ਮਾਂ ਨੂੰ ਅੰਗੂਠਾ ਦਿਖਾਉਣ ਕਾਰਨ ਮੁਲਾਜ਼ਮ ਜਥੇਬੰਦੀਆਂ ਰੋਹ ਵਿੱਚ ਹਨ। ਡੀਸੀ ਦਫਤਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਹੜਤਾਲ ਕਰਕੇ ਸਾਰੇ ਡੀਸੀ ਦਫਤਰਾਂ ਵਿੱਚ ਕੰਮ ਠੱਪ ਰਹੇ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਨਾ ਮੰਨਣ ਦੀ ਸੂੁਰਤ ਵਿੱਚ ਡੀਸੀ ਦਫਤਰਾਂ ਦੇ ਮੁਲਾਜ਼ਮ 15 ਜੂਨ ਨੂੰ ਮੁੜ ਹੜਤਾਲ ਕਰਨ ਲਈ ਮਜਬੂਰ ਹੋਣਗੇ। ਇਸੇ ਦੌਰਾਨ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਕੱਤਰੇਤ ਮੂਹਰੇ ਰੈਲੀ ਕੀਤੀ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੁਣ ਜਦੋਂ ਚੋਣ ਜ਼ਾਬਤਾ ਖ਼ਤਮ ਹੋ ਗਿਆ ਹੈ ਤਾਂ ਸਰਕਾਰ ਵੱਲੋਂ ਆਈ.ਏ.ਐੱਸ./ਆਈ.ਪੀ.ਐੱਸ. ਅਧਿਕਾਰੀਆਂ ਨੂੰ ਪਿਛਲੇ ਸਾਰੇ ਬਕਾਇਆਂ ਸਮੇਤ ਡੀ.ਏ ਦੀਆਂ ਕਿਸ਼ਤਾਂ ਦੇ ਦਿੱਤੀਆਂ ਹਨ ਜੋ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਹੈ। ਜਿਕਰਯੋਗ ਹੈ ਕਿ ਪੰਜਾਬ ਸਿਵਲ ਸਕੱਤਰੇਤ ਦੀ ਐਕਸ਼ਨ ਕਮੇਟੀ ਵੱਲੋਂ ਚੋਣਾਂ ਤੋਂ ਪਹਿਲਾਂ ਸਕੱਤਰੇਤ ਵਿੱਚ 2 ਦਿਨ ਕਲਮਛੋੜ ਹੜਤਾਲ ਕੀਤੀ ਸੀ। ਇਸੇ ਲੜੀ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡੀ.ਸੀ. ਦਫਤਰਾਂ ਅਤੇ ਹੋਰ ਵਿਭਾਗਾਂ ਵਿੱਚ ਵੀ ਕਲਮਛੋੜ ਹੜਤਾਲਾਂ ਕੀਤੀਆਂ ਗਈਆਂ ਸਨ ਜਿਸ ਦੇ ਨਤੀਜੇ ਵਜੋਂ ਸਰਕਾਰ ਨੇ ਮੰਗਾਂ ਦੇ ਕੁਝ ਪੱਤਰ ਜਾਰੀ ਕਰਕੇ ਚੋਣ ਜ਼ਾਬਤੇ ਉਪਰੰਤ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਮੁਲਾਜ਼ਮਾਂ ਨੂੰ ਸ਼ਾਂਤ ਕਰ ਦਿੱਤਾ ਸੀ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਮਿੰਨੀ ਸਕੱਤਰੇਤ ਵਿੱਚ ਵੀ ਰੈਲੀ ਕੀਤੀ ਜਾਵੇਗੀ ਅਤੇ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਦੇ ਬੈਨਰ ਹੇਠ 12 ਜੂਨ ਨੂੰ ਸੈਕਟਰ 17 ਅਤੇ 19 ਜੂਨ ਨੂੰ ਸੈਕਟਰ 34 ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਸੀਪੀਐੱਫ ਯੂਨੀਅਨ ਵੱਲੋਂ ਮੰਚ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਸ੍ਰੀ ਖਹਿਰਾ ਨੇ ਕਿਹਾ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ ਹੋਰ ਨਮੋਸ਼ੀ ਝੱਲਣੀ ਪੈ ਸਕਦੀ ਹੈ।

LEAVE A REPLY

Please enter your comment!
Please enter your name here