ਫ਼ਰੀਦਕੋਟ-ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ, ਲੁਧਿਆਣਾ ਦੇ ਸਾਬਕਾ ਏ.ਸੀ.ਪੀ ਪਰਮਜੀਤ ਸਿੰਘ ਪੰਨੂ, ਫਰੀਦਕੋਟ ਦੇ ਸਾਬਕਾ ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ. ਓ ਗੁਰਦੀਪ ਸਿੰਘ ਪੰਧੇਰ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਹ ਮੁਕੱਦਮੇ ਦੀ ਸੁਣਵਾਈ ਦਾ ਸਾਹਮਣਾ ਕਰਨ ਲਈ 12 ਜੁਲਾਈ ਨੂੰ ਨਿੱਜੀ ਤੌਰ ’ਤੇ ਅਦਾਲਤ ਸਾਹਮਣੇ ਪੇਸ਼ ਹੋਣ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਚਲਾਨ ਪੇਸ਼ ਹੋਣ ਤੋਂ ਬਾਅਦ ਪਹਿਲੀ ਵਾਰ ਅਦਾਲਤ ਸਾਹਮਣੇ ਪੇਸ਼ ਹੋਏ। ਅਦਾਲਤ ਨੇ ਆਈ.ਜੀ. ਉਮਰਾਨੰਗਲ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਪੇਸ਼ ਹੋਏ ਚਲਾਨ ਦੀਆਂ ਨਕਲਾਂ ਸੌਂਪ ਦਿੱਤੀਆਂ ਜਦੋਂ ਕਿ ਸਾਬਕਾ ਐੱਸ.ਐੱਸ.ਪੀ ਚਰਨਜੀਤ ਸਿੰਘ ਸ਼ਰਮਾ ਦੀ ਸਿਹਤ ਖ਼ਰਾਬ ਹੋਣ ਕਾਰਨ ਅੱਜ ਅਦਾਲਤ ਨੇ ਉਸ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ।ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਮਨਤਾਰ ਸਿੰਘ ਬਰਾੜ ਅਤੇ ਬਾਕੀ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਵਿਸ਼ੇਸ਼ ਜਾਂਚ ਟੀਮ ਰਾਹੀਂ ਭੇਜਿਆ ਜਾਵੇ। ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਅਦਾਲਤ ਵਿੱਚ 2000 ਸਫ਼ਿਆਂ ਦਾ ਚਲਾਨ ਪੇਸ਼ ਕੀਤਾ ਸੀ, ਜਿਸ ਵਿੱਚ ਦਾਅਵਾ ਕੀਤਾ ਹੈ ਕਿ ਉਮਰਾਨੰਗਲ ਨੂੰ 13 ਅਕਤੂਬਰ 2015 ਦੀ ਰਾਤ ਨੂੰ ਕਿਸੇ ਵੀ ਪੁਲੀਸ ਅਧਿਕਾਰੀ ਨੇ ਕੋਟਕਪੂਰੇ ਨਹੀਂ ਬੁਲਾਇਆ ਸੀ ਬਲਕਿ ਉਹ ਬਿਨਾਂ ਬੁਲਾਏ ਕੋਟਕਪੂਰੇ ਆਏ ਅਤੇ ਸ਼ਾਂਤਮਈ ਲੋਕਾਂ ਉੱਪਰ ਗੋਲੀਆਂ ਚਲਾ ਦਿੱਤੀਆਂ। ਉਮਰਾਨੰਗਲ ਇਕਲੌਤੇ ਅਜਿਹੇ ਪੁਲੀਸ ਅਧਿਕਾਰੀ ਹਨ ਜਿਹੜੇ ਕੋਟਕਪੂਰਾ ਗੋਲੀ ਕਾਂਡ ਵਿੱਚ ਜੇਲ੍ਹ ਦੀ ਹਵਾ ਖਾ ਚੁੱਕੇ ਹਨ। ਦੱਸਣਯੋਗ ਹੈ ਕਿ ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ ਗੁਰਦੀਪ ਸਿੰਘ ਪੰਧੇਰ ਜ਼ਮਾਨਤ ਨਾ ਮਿਲਣ ਕਾਰਨ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਜਦੋਂ ਕਿ ਮਨਤਾਰ ਸਿੰਘ ਬਰਾੜ ਨੂੰ ਹਾਈਕੋਰਟ ਵਿੱਚੋਂ ਆਰਜ਼ੀ ਤੌਰ ‘ਤੇ ਪੇਸ਼ਗੀ ਜ਼ਮਾਨਤ ਮਿਲੀ ਹੋਈ ਹੈ ਅਤੇ ਉਹ ਅਜੇ ਤੱਕ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਇਸੇ ਤਰ੍ਹਾਂ ਲੁਧਿਆਣਾ ਦੇ ਏ.ਸੀ.ਪੀ ਪਰਮਜੀਤ ਸਿੰਘ ਪੰਨੂ ਨੂੰ ਵੀ ਸੈਸ਼ਨ ਕੋਰਟ ਫ਼ਰੀਦਕੋਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ ਪਰੰਤੂ ਉਹ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਜਿਸ ਕਰਕੇ ਅਦਾਲਤ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

LEAVE A REPLY

Please enter your comment!
Please enter your name here