ਫ਼ਰੀਦਕੋਟ-ਨਸ਼ਿਆਂ ਕਾਰਨ ਵਿਵਾਦਾਂ ਵਿਚ ਘਿਰੀ ਪੁਲੀਸ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਅੱਜ ਸਵੇਰੇ ਕਰੀਬ ਪੰਜ ਵਜੇ ਸ਼ਹਿਰ ਦੀਆਂ ਰਿਹਾਇਸ਼ੀ ਕਾਲੋਨੀਆਂ ਦੀ ਘੇਰਾਬੰਦੀ ਕਰਕੇ ਘਰ-ਘਰ ਦੀ ਤਲਾਸ਼ੀ ਲਈ। ਕਰੀਬ 200 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਅੰਬੇਡਕਰ ਨਗਰ ਅਤੇ ਕੰਮੇਆਣਾ ਚੌਕ ਵਿੱਚ 250 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਅਤੇ ਸ਼ੱਕੀਆਂ ਤੋਂ ਪੁੱਛ-ਪੜਤਾਲ ਕੀਤੀ। ਪੁਲੀਸ ਨੇ ਅੱਜ ਜਿਨ੍ਹਾਂ ਖੇਤਰਾਂ ਵਿਚ ਤਲਾਸ਼ੀ ਮੁਹਿੰਮ ਵਿੱਢੀ ਸੀ, ਉਹ ਇਲਾਕੇ ਨਸ਼ਿਆਂ ਦੀ ਵਰਤੋਂ ਅਤੇ ਤਸਕਰੀ ਕਰਕੇ ਬਦਨਾਮ ਹਨ। ਪੁਲੀਸ ਨੇ ਪਹਿਲਾਂ ਇਨ੍ਹਾਂ ਇਲਾਕਿਆਂ ਵਿੱਚ ਪੁਲੀਸ ਚੌਕੀ ਵੀ ਸਥਾਪਿਤ ਕੀਤੀ ਸੀ। ਇਨ੍ਹਾਂ ਮੁਹੱਲਿਆਂ ਦੇ ਕਈ ਨੌਜਵਾਨ ਨਸ਼ਾ ਤਸਕਰੀ ਦੇ ਕੇਸਾਂ ਵਿਚ ਜੇਲ੍ਹ ’ਚ ਵੀ ਹਨ। ਜਾਣਕਾਰੀ ਅਨੁਸਾਰ ਪੁਲੀਸ ਨੂੰ ਤਲਾਸ਼ੀ ਦੌਰਾਨ ਕੋਈ ਵਿਸ਼ੇਸ਼ ਪ੍ਰਾਪਤੀ ਨਹੀਂ ਹੋਈ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਪੁੱਛ-ਪੜਤਾਲ ਲਈ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਜ਼ਿਲ੍ਹਾ ਪੁਲੀਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰੋਕਣ ਲਈ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ ਪਰ ਕਿਸੇ ਵਿਅਕਤੀ ਨੂੰ ਹਿਰਾਸਤ ’ਚ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰੋਕਣ ਲਈ ਵਿਸ਼ੇਸ਼ ਅਫਸਰ ਤਾਇਨਾਤ ਕੀਤੇ ਗਏ ਹਨ ਅਤੇ ਅਗਲੇ ਦਿਨਾਂ ਵਿੱਚ ਵੀ ਤਲਾਸ਼ੀ ਮੁਹਿੰਮਾਂ ਜਾਰੀ ਰਹਿਣਗੀਆਂ।

LEAVE A REPLY

Please enter your comment!
Please enter your name here