**VIDEO GRAB** New Delhi: Prime Minister Narendra Modi with Union Minister Amit Shah during the Cabinet meeting, in New Delhi, Friday, May 31, 2019. (PTI Photo)(PTI5_31_2019_000188B)

ਨਵੀਂ ਦਿੱਲੀ-ਮੋਦੀ ਸਰਕਾਰ ਨੇ ਆਪਣੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਨੁਸਾਰ ਹੁਣ ਸਾਰੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਇਲਾਵਾ, ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਪੈਨਸ਼ਨ ਯੋਜਨਾ ਦਾ ਵੀ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਪਹਿਲਾਂ ਸਿਰਫ਼ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਹੀ ਸੀ ਪਰ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸ ਯੋਜਨਾ ਵਿਚ ਸਾਰੇ ਕਿਸਾਨਾਂ ਨੂੰ ਸ਼ਾਮਲ ਕਰਨ ਦਾ ਵਾਅਦਾ ਕੀਤਾ ਸੀ, ਜਿਸ ਉੱਤੇ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਮੋਹਰ ਲਗਾ ਦਿੱਤੀ ਗਈ ਹੈ। ਇਸ ਯੋਜਨਾ ਦਾ 14.5 ਕਰੋੜ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਮੋਦੀ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਵਜ਼ੀਫ਼ਾ ਰਾਸ਼ੀ ਵਧਾਉਣ ਦਾ ਫ਼ੈਸਲਾ ਵੀ ਲਿਆ ਹੈ। ਇਸ ਨਾਲ ਖ਼ਜ਼ਾਨੇ ’ਤੇ ਸਾਲਾਨਾ 87,000 ਕਰੋੜ ਰੁਪਏ ਦਾ ਬੋਝ ਪਏਗਾ। ਪੈਨਸ਼ਨ ਸਕੀਮ ਲਈ ਵੀ 10,000 ਕਰੋੜ ਰੁਪਏ ਦਾ ਪ੍ਰਬੰਧ ਕਰਨਾ ਪਵੇਗਾ। ਇਸ ਤੋਂ ਪਹਿਲਾਂ 75,000 ਕਰੋੜ ਵਾਲੀ ਕਿਸਾਨ ਸਨਮਾਨ ਸਿੱਧੀ ਯੋਜਨਾ ਦਾ ਐਲਾਨ ਅੰਤ੍ਰਿਮ ਬਜਟ ਵਿਚ ਕੀਤਾ ਗਿਆ ਸੀ ਤੇ ਉਸ ਵੇਲੇ ਇਸ ਵਿਚ 12.5 ਕਰੋੜ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਹੁਣ ਇਸ ’ਚ ਦੋ ਕਰੋੜ ਹੋਰ ਕਿਸਾਨ ਜੋੜੇ ਗਏ ਹਨ।
ਕੈਬਨਿਟ ਦੀ ਬੈਠਕ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ। ਕੈਬਨਿਟ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਸਣੇ ਹੋਰ ਮੰਤਰੀ ਸ਼ਾਮਲ ਹੋਏ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਨਰਿੰਦਰ ਸਿੰਘ ਤੋਮਰ ਅਤੇ ਡਾਕਟਰ ਜਿਤੇਂਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਸ੍ਰੀ ਜਾਵੜੇਕਰ ਨੇ ਦੱਸਿਆ ਕਿ ਸਰਕਾਰ ਨੇ ਪਹਿਲੀ ਮੀਟਿੰਗ ਵਿਚ ਚਾਰ ਫ਼ੈਸਲੇ ਲਏ ਹਨ। ਇਨ੍ਹਾਂ ਵਿਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਜੋ ਪਹਿਲਾਂ ਸਿਰਫ਼ ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਲਈ ਹੀ ਸੀ, ਹੁਣ ਇਸ ਯੋਜਨਾ ਵਿਚ ਤਿੰਨ ਕਰੋੜ ਹੋਰ ਕਿਸਾਨ ਸ਼ਾਮਲ ਹੋਣਗੇ।
ਪੇਂਡੂ ਵਿਕਾਸ ਤੇ ਖੇਤੀ ਮੰਤਰੀ ਸ੍ਰੀ ਤੋਮਰ ਨੇ ਕਿਹਾ ਕਿ ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਨਾਲ ਨਾਲ ਕਿਸਾਨਾਂ ਲਈ ਵੀ ਕਿਸਾਨ ਪੈਨਸ਼ਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਨੁਸਾਰ 60 ਸਾਲ ਦੀ ਉਮਰ ਤੋਂ ਬਾਅਦ ਤਿੰਨ ਹਜ਼ਾਰ ਰੁਪਏ ਪੈਨਸ਼ਨ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਹਰ ਮਹੀਨੇ ਮਿਲਿਆ ਕਰੇਗੀ। ਜੇਕਰ ਪੈਨਸ਼ਨ ਲੈਣ ਵਾਲੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਵਾਰਿਸ ਨੂੰ ਪੈਨਸ਼ਨ ਦਾ ਅੱਧਾ ਹਿੱਸਾ ਦਿੱਤਾ ਜਾਵੇਗਾ। ਇਸ ਲਈ ਜਿੰਨਾ ਪੈਸਾ ਕਿਸਾਨ ਦੇਣਗੇ, ਓਨਾ ਹੀ ਸਰਕਾਰ ਦੇਵੇਗੀ। ਇਸ ਦੇ ਨਾਲ ਹੀ ਕੈਬਨਿਟ ਨੇ ਦੇਸ਼ ਭਰ ਵਿਚ ਪਸ਼ੂਆਂ ਦਾ ਟੀਕਾਕਰਨ ਕਰਨ ਦਾ ਫ਼ੈਸਲਾ ਵੀ ਲਿਆ ਹੈ। ਇਸ ਅਨੁਸਾਰ ਗਾਵਾਂ, ਮੱਝਾਂ, ਬੱਕਰੀਆਂ, ਭੇਡਾਂ ਤੇ ਸੂਰਾਂ ਨੂੰ ਟੀਕੇ ਲਾਏ ਜਾਣਗੇ। ਇਸ ਦਾ ਪੂਰਾ ਖਰਚਾ ਕੇਂਦਰ ਸਰਕਾਰ ਹੀ ਦੇਵੇਗੀ।
ਇਸੇ ਤਰ੍ਹਾਂ ਮੋਦੀ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਵਜ਼ੀਫ਼ਾ ਰਾਸ਼ੀ ਵਧਾਉਣ ਦਾ ਫ਼ੈਸਲਾ ਵੀ ਲਿਆ ਹੈ। ‘ਪ੍ਰਧਾਨ ਮੰਤਰੀ ਸਕਾਲਰਸ਼ਿਪ ਸਕੀਮ’ ਤਹਿਤ ਮਿਲਣ ਵਾਲੀ ਇਹ ਰਾਸ਼ੀ ਵਧਾਈ ਜਾਵੇਗੀ। ਨੈਸ਼ਨਲ ਡਿਫੈਂਸ ਫੰਡ ਤਹਿਤ ਦਿੱਤੀ ਜਾਣ ਵਾਲੀ ਇਸ ਰਾਸ਼ੀ ਤਹਿਤ ਹੁਣ ਲੜਕਿਆਂ ਨੂੰ 2,500 ਰੁਪਏ ਪ੍ਰਤੀ ਮਹੀਨਾ ਤੇ ਲੜਕੀਆਂ ਨੂੰ 3,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਮੌਜੂਦਾ ਸਮੇਂ ਲੜਕਿਆਂ ਨੂੰ ਦੋ ਹਜ਼ਾਰ ਰੁਪਏ ਤੇ ਲੜਕੀਆਂ ਨੂੰ 2,250 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ। ਇਸ ਸਕੀਮ ਦਾ ਦਾਇਰਾ ਵਧਾਉਂਦਿਆਂ ਇਸ ਵਿਚ ਰਾਜ ਪੁਲੀਸ ਨੂੰ ਸ਼ਾਮਲ ਕੀਤਾ ਗਿਆ ਹੈ। ਹੁਣ ਅਤਿਵਾਦੀ ਜਾਂ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੁੂਬਾ ਪੁਲੀਸ ਦੇ ਜਵਾਨਾਂ ਤੇ ਅਫ਼ਸਰਾਂ ਦੇ ਬੱਚਿਆਂ ਨੂੰ ਵੀ ਇਹ ਵਜ਼ੀਫ਼ਾ ਮਿਲੇਗਾ। ਉਨ੍ਹਾਂ ਨੂੰ ਹੁਣ 500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਮੈਂ ਖ਼ੁਸ਼ ਹਾਂ ਕਿ ਕੈਬਨਿਟ ਦੀ ਮੀਟਿੰਗ ਦੌਰਾਨ ਵਧੀਆ ਫ਼ੈਸਲੇ ਲਏ ਗਏ ਹਨ।

LEAVE A REPLY

Please enter your comment!
Please enter your name here