SAD chief Sukhbir Singh Badal holds core committee meeting after lok Sabha Elections in Chandigarh on Tuesday. Tribune photo: Manoj Mahajan

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਦਿਹਾਤੀ ਖੇਤਰ ਵਿਚ ਵੋਟ ਬੈਂਕ ਨੂੰ ਖੋਰਾ ਲੱਗਣ ਦੇ ਮਾਮਲੇ ਨੂੰ ਖ਼ਤਰੇ ਦੀ ਘੰਟੀ ਮੰਨਿਆ ਜਾ ਰਿਹਾ ਹੈ। ਇਹ ਮੁੱਦਾ ਅੱਜ ਇੱਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਭਾਰੂ ਰਿਹਾ ਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਦਿਹਾਤੀ ਖੇਤਰ ਵਿੱਚ ਅਧਾਰ ਮਜ਼ਬੂਤ ਕਰਨ ਲਈ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਅਕਾਲੀ ਦਲ ਵੱਲੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਅਕਾਲੀ-ਭਾਜਪਾ ਗੱਠਜੋੜ ਵੱਲੋਂ ਸੰਸਦੀ ਚੋਣਾਂ ਦੌਰਾਨ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ ਤੇ 35 ਵਿਧਾਨ ਸਭਾ ਹਲਕਿਆਂ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਛਾੜ ਦਿੱਤਾ ਗਿਆ ਜਦਕਿ 2017 ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਗੱਠਜੋੜ ਪਾਰਟੀਆਂ ਨੇ 18 ਹਲਕਿਆਂ ’ਚ ਜਿੱਤ ਹਾਸਲ ਕੀਤੀ ਸੀ। ਪਾਰਟੀ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਦਿਹਾਤੀ ਖੇਤਰ ਵਿੱਚੋਂ ਵੋਟ ਬੈਂਕ ਨੂੰ ਖੋਰਾ ਲੱਗਣ ਦਾ ਮਾਮਲਾ ਚਿੰਤਾਜਨਕ ਹੈ।
ਪਾਰਟੀ ਸੂਤਰਾਂ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਰਹੇ ਦਰਬਾਰਾ ਸਿੰਘ ਗੁਰੂ, ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ, ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰਨਾਂ ਹਾਰੇ ਹੋਏ ਉਮੀਦਵਾਰਾਂ ਨੇ ਕਿਹਾ ਕਿ ਸੰਸਦੀ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਨੂੰ ਪੰਜਾਬ ਦੇ ਪਿੰਡਾਂ ਵਿੱਚੋਂ ਵੋਟ ਸ਼ਹਿਰਾਂ ਦੇ ਮੁਕਾਬਲੇ ਘੱਟ ਪਈ ਹੈ। ਮੀਟਿੰਗ ਦੌਰਾਨ ਕੁੱਝ ਆਗੂਆਂ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚੋਂ ਗੱਠਜੋੜ ਪਾਰਟੀਆਂ ਦੇ ਉਮੀਦਵਾਰਾਂ ਨੂੰ ਜੋ ਵੋਟ ਮਿਲੀ ਹੈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਹੀ ਪਈ ਹੈ। ਇਸ ਲਈ ਦਿਹਾਤੀ ਖੇਤਰ ਵਿੱਚੋਂ ਵੋਟ ਘਟਣਾ ਚਿੰਤਾ ਦਾ ਵਿਸ਼ਾ ਹੈ। ਅਕਾਲੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਦਾ ਮੁੱਖ ਅਧਾਰ ਸਿੱਖ ਤੇ ਕਿਸਾਨੀ ਵੋਟ ਰਿਹਾ ਹੈ ਤੇ ਇਹ ਵੋਟ ਮੁੱਖ ਤੌਰ ’ਤੇ ਪਿੰਡਾਂ ਵਿੱਚ ਹੀ ਹੈ। ਸੂਤਰਾਂ ਦਾ ਦੱਸਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ’ਤੇ ਲੱਗੇ ਕਰੋੜਾਂ ਰੁਪਏ ਦੇ ਘਪਲੇ ਤੇ ਬੇਨਿਯਮੀਆਂ ਦੇ ਦੋਸ਼ਾਂ ਸਬੰਧੀ ਵੀ ਚਰਚਾ ਹੋਈ। ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਗੱਠਜੋੜ ਪਾਰਟੀਆਂ ਦੀ ਵੋਟ ਫ਼ੀਸਦ ਵਧਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਆਪ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਿਮਰਨਜੀਤ ਸਿੰਘ ਮਾਨ ਅਤੇ ਪਾਰਟੀ ਨਾਲੋਂ ਅਲਿਹਦਾ ਹੋਏ ‘ਟਕਸਾਲੀ’ ਆਗੂਆਂ ’ਤੇ ਗੁਰੂ ਗ੍ਰੰਥ ਸਾਹਿਬ ਦੇ ਸਿਆਸੀਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ‘ਸਿਆਸੀ’ ਸਜ਼ਾ ਇਸੇ ਕਰ ਕੇ ਮਿਲੀ ਹੈ। ਪਾਰਟੀ ਦੀ ਕੋਰ ਕਮੇਟੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਅਤੇ ਛੋਟੇ ਬਾਦਲ ਨੂੰ ਅਣਥੱਕ ਮਿਹਨਤ ਕਰਨ ਤੇ ਚੋਣਾਂ ਦੌਰਾਨ ਪ੍ਰਭਾਵਸ਼ਾਲੀ ਅਗਵਾਈ ਦੇਣ ਦੀ ਪ੍ਰਸ਼ੰਸਾ ਕੀਤੀ। ਪਾਰਟੀ ਨੇ ਕਿਹਾ ਕਿ ਕਾਂਗਰਸ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਵੱਡੇ ਫ਼ਰਕ ਨਾਲ ਫਿਰੋਜ਼ਪੁਰ ਤੋਂ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਬਠਿੰਡਾ ਤੋਂ ਵੀ ਹਰਸਿਮਰਤ ਕੌਰ ਬਾਦਲ ਤੀਜੀ ਵਾਰੀ ਜਿੱਤ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ। ਕੋਰ ਕਮੇਟੀ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਆਗੂਆਂ ਨੇ ਗੁਰੂ ਗ੍ਰੰਥ ਸਾਹਿਬ ਆਸਰੇ ਅਕਾਲੀ ਦਲ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ, ਉਨ੍ਹਾਂ ਨੂੰ ਵੋਟਰਾਂ ਨੇ ਨਕਾਰ ਦਿੱਤਾ ਹੈ। ਪਾਰਟੀ ਪ੍ਰਧਾਨ ਨੇ ਬਿਜਲੀ ਦਰਾਂ ’ਚ ਕੀਤੇ ਵਾਧੇ ਤੇ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਏ ਜਾਣ ਦੀ ਵੀ ਨਿੰਦਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਬਲਦੇਵ ਸਿੰਘ ਮਾਨ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਬਿਕਰਮ ਸਿੰਘ ਮਜੀਠੀਆ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here