ਤਲਵੰਡੀ ਸਾਬੋ-ਬਠਿੰਡਾ ਲੋਕ ਸਭਾ ਹਲਕੇ ਤੋਂ ਤੀਜੀ ਵਾਰ ਜਿੱਤ ਕੇ ਤੇ ਦੂਜੀ ਵਾਰ ਕੇਂਦਰੀ ਕੈਬਨਿਟ ਮੰਤਰੀ ਬਣੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਵਾਹਿਗੁਰੂ ਦੇ ਸ਼ੁਕਰਾਨੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਅੱਜ ਸਵੇਰੇ ਤਖ਼ਤ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ।
ਬੀਬੀ ਬਾਦਲ ਪਹਿਲਾਂ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਫਿਰ ਅਖੰਡ ਪਾਠ ਸਮਾਗਮ ਵਿੱਚ ਸ਼ਿਰਕਤ ਕੀਤੀ। ਦੋਵੇਂ ਥਾਵਾਂ ‘ਤੇ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਉਨ੍ਹਾਂ ਨੂੰ ਸਿਰਪਾਓ ਦੀ ਬਖ਼ਸ਼ਿਸ਼ ਕੀਤੀ ਗਈ। ਇਸ ਮਗਰੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਉਸ ਨੂੰ ਹਰਾਉਣ ਲਈ ਪੰਜਾਬ ਅਤੇ ਬਾਹਰ ਤੋਂ ਵੀ ਉਨ੍ਹਾਂ ਦੇ ਵਿਰੋਧੀਆਂ ਨੇ ਹਰ ਤਰ੍ਹਾਂ ਦੇ ਹੱਥਕੰਡੇ ਵਰਤਦਿਆਂ ਅੱਡੀ ਚੋਟੀ ਦਾ ਜ਼ੋਰ ਲਾਇਆ ਪਰ ਇਸ ਸਭ ਕੁਝ ਹੋਣ ਦੇ ਬਾਵਜੂਦ ਅਕਾਲ ਪੁਰਖ ਨੇ ਕਾਮਯਾਬੀ ਬਖ਼ਸ਼ੀ।
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚਾਹੇ ਉਨ੍ਹਾਂ ਦਾ ਪਹਿਲਾ ਨਿਸ਼ਾਨਾ ਏਮਜ਼ ਹਸਪਤਾਲ ਬਠਿੰਡਾ ਨੂੰ ਜਲਦੀ ਨੇਪਰੇ ਚਾੜ੍ਹ ਕੇ ਚਾਲੂ ਕਰਵਾਉਣਾ ਹੈ। ਫਿਰ ਵੀ ਉਹ ਹੋਰ ਅਧੂਰੇ ਪਏ ਕੰਮਾਂ ਨੂੰ ਮੁਕੰਮਲ ਕਰਵਾਉਣ ਤੋਂ ਇਲਾਵਾ ਕਿਸੇ ਵੀ ਪ੍ਰਕਾਰ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਾਂਚ ਟੀਮ ਸਿਟ ਬਾਰੇ ਉਨ੍ਹਾਂ ਕਿਹਾ ਕਿ ਬੇਅਦਬੀ ਕਰਨ, ਕਰਵਾਉਣ ਅਤੇ ਇਸ ਮਾਮਲੇ ‘ਤੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਦਾ ਕੱਖ ਨਾ ਰਹੇ। ਇਸ ਤੋਂ ਬਾਅਦ ਬੀਬੀ ਬਾਦਲ ਨੇ ਲੰਗਰ ਹਾਲ ਵਿੱਚ ਸੰਗਤ ਨਾਲ ਲੰਗਰ ਛਕਿਆ ਅਤੇ ਤਕਰੀਬਨ ਅੱਧਾ ਘੰਟਾ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਹਲਕਾ ਵਿਧਾਇਕ ਜੀਤ ਮੁਹਿੰਦਰ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here