SGPC members and Sikh organisation representatives attend the Akhand Path initiation at Akal Takkht at Golden Temple Complex in Amritsar on Tuesday photo vishal kumar

ਅੰਮ੍ਰਿਤਸਰ-ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ (ਅਰਦਾਸ) ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸ਼ਹੀਦੀ ਸਮਾਗਮ ਇਕਜੁੱਟਤਾ ਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ 6 ਜੂਨ ਨੂੰ ਸਵੇਰੇ ਪੈਣਗੇ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਦਿਵਸ ਮਨਾਇਆ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਇਸ ਵਾਰ ਸ਼ਹੀਦੀ ਸਮਾਗਮ ਸਮੇਂ ਪਹਿਲੀ ਵਾਰ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ। ਇਸ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਵਿਰੋਧ ਹੋਣ ਕਾਰਨ ਸ਼ਹੀਦੀ ਸਮਾਗਮ ਸਮੇਂ ਸੰਦੇਸ਼ ਜਾਰੀ ਕਰਨ ਦਾ ਵਿਰੋਧ ਕੀਤਾ ਜਾਂਦਾ ਸੀ ਪਰ ਇਸ ਵਾਰ ਅਜਿਹਾ ਨਾ ਹੋਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਹੋਣ ਵਾਲਾ ਸ਼ਹੀਦੀ ਸਮਾਗਮ ਇਕਜੁੱਟਤਾ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਲਈ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਅਤੇ ਗਹਿਰ ਗੰਭੀਰਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖ ਜਗਤ ਦੀ ਜ਼ਿੰਮੇਵਾਰੀ ਹੈ ਕਿ ਇਸ ਮੌਕੇ ਅਜਿਹਾ ਮਾਹੌਲ ਪੈਦਾ ਨਾ ਕੀਤਾ ਜਾਵੇ, ਜਿਸ ਨਾਲ ਸਿੱਖ ਕੌਮ ਦਾ ਅਕਸ ਦੁਨੀਆਂ ਵਿਚ ਵਿਗੜੇ। ਉਨ੍ਹਾਂ ਸਿੱਖ ਸੰਗਤ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਆਖਿਆ ਕਿ 6 ਜੂਨ ਨੂੰ ਵੱਖ-ਵੱਖ ਗੁਰਦੁਆਰਿਆਂ ਵਿਚ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਜਾਵੇ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਮੂਹ ਸਿੱਖ ਜਗਤ ਨੂੰ ਅਰਦਾਸ ਸਮਾਗਮ ਵਿਚ ਪੁੱਜਣ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਮੌਕੇ ਸ੍ਰੀ ਅਕਾਲ ਤਖ਼ਤ ਅਤੇ ਸ਼ਹੀਦਾਂ ਦੇ ਸਤਿਕਾਰ ਨੂੰ ਧਿਆਨ ਵਿਚ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਸੰਕੋਚ ਕਰਦਿਆਂ ਸ਼ਰਧਾਪੂਰਵਕ ਸ਼ਰਧਾਂਜਲੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਰਦਾਸ ਦਿਵਸ ਮਗਰੋਂ ਦਮਦਮੀ ਟਕਸਾਲ ਵੱਲੋਂ 35ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਚੌਕ ਮਹਿਤਾ ਵਿਖੇ ਮਨਾਇਆ ਜਾਵੇਗਾ।

LEAVE A REPLY

Please enter your comment!
Please enter your name here